"ਮੋਰਚੇ" ਵੱਲੋਂ 24 ਜਨਵਰੀ ਨੂੰ ਦਿੜ੍ਹਬਾ ਵਿਖੇ ਸੂਬਾ ਪੱਧਰੀ ਰੈਲੀ ਕਰਨ ਦਾ ਐਲਾਨ : ਮੋਰਚਾ ਆਗੂ
ਸੰਗਰੂਰ, ਲੁਧਿਆਣਾ 4 ਜਨਵਰੀ (ਹਰਪਾਲ ਸਿੰਘ ਘਾਬਦਾਂਹਰਸ਼ਦੀਪ ਸਿੰਘ ਮਹਿਦੂਦਾਂ, ਸੁਰਿੰਦਰ ਸ਼ਿੰਦਾ) ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ, ਬਲਿਹਾਰ ਸਿੰਘ, ਜਗਰੂਪ ਸਿੰਘ, ਸ਼ੇਰ ਸਿੰਘ ਖੰਨਾ, ਸਿਮਰਨਜੀਤ ਸਿੰਘ ਨੀਲੋਂ, ਸੰਦੀਪ ਖੱਤਰੀ, ਰਮਨਦੀਪ ਸਿੰਘ, ਕੁਲਦੀਪ ਸਿੰਘ ਜਵੰਦਾ, ਜਗਸੀਰ ਸਿੰਘ ਭੰਗੂ, ਹਰਜਿੰਦਰਪਾਲ ਸਿੰਘ, ਜਗਜੀਤ ਸਿੰਘ ਅਤੇ ਦਿਲਬਾਗ਼ ਸਿੰਘ ਆਦਿ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ 'ਆਪ ਸਰਕਾਰ' ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਲਾਰੇ-ਲੱਪਿਆਂ ਵਿੱਚ ਰੱਖਕੇ ਆਪਣਾ ਸਮਾਂ ਲੰਘਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨੀ-ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸਣ ਲਈ ਮਜ਼ਬੂਰ ਕੀਤਾ ਹੋਇਆ ਹੈ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੁਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕਰਨ ਲਈ 'ਆਪ ਸਰਕਾਰ' ਵੱਲੋਂ ਆਪਣੇ ਪੌਣੇ ਚਾਰ ਸਾਲਾਂ ਦੇ ਕਾਰਜ਼ਕਾਲ ਵਿੱਚ ਹਜ਼ੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ। ਜਿਸ ਦੇ ਵਿਰੋਧ ਵਜੋਂ 'ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ' ਦੇ ਬੈਨਰ ਹੇਠ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ "24 ਜਨਵਰੀ 2026" ਨੂੰ ਦਿੜ੍ਹਬਾ ਦੀ ਅਨਾਜ਼ ਮੰਡੀ ਵਿੱਚ ਪਰਿਵਾਰਾਂ ਅਤੇ ਬੱਚਿਆਂ ਸਮੇਤ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ, ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ। ਘੱਟੋ-ਘੱਟ ਉਜਰਤਾਂ ਦੇ ਕਾਨੂੰਨ 1948/ ਪੰਦਰਵੀਂ ਲੇਬਰ ਕਾਨਫ਼ਰੰਸ ਦੇ ਫਾਰਮੂਲੇ ਮੁਤਾਬਿਕ ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਨਿਸ਼ਚਿਤ ਕੀਤੀ ਜਾਵੇ, ਸੇਵਾ ਕਾਲ ਦੌਰਾਨ ਮੌਤ/ ਨਕਾਰਾ ਹੋਣ 'ਤੇ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ, ਪੈਨਸ਼ਨ ਅਤੇ ਯੋਗ ਮੁਆਵਜ਼ਾ ਦਿੱਤਾ ਜਾਵੇ, ਠੇਕਾ ਮੁਲਾਜ਼ਮਾਂ ਦੇ ਸੇਵਾ ਮੁਕਤ ਹੋਣ ਉਪਰੰਤ ਪੈਨਸ਼ਨ ਅਤੇ ਗੁਜ਼ਾਰਾ ਫ਼ੰਡ ਦਿੱਤਾ ਜਾਵੇ।


No comments
Post a Comment